ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦਾ ਧਰਨਾ ਲਗਾਤਾਰ ਜਾਰੀ ਹੈ। ਝੋਟੇ ਦੀ ਮੌਤ ਦੇ ਛੇਵੇਂ ਦਿਨ ਵੀ ਪਰਿਵਾਰ ਵੱਲੋਂ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਪਰਿਵਾਰ ਅਤੇ ਇਨਸਾਫ਼ ਕਮੇਟੀ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਸੇ ਦੌਰਾਨ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਆਪਣੀ ਫਿਲਮ ‘ਥਾਪੀ’ ਨੂੰ ਹੋਲਡ ਕਰਨ ਦਾ ਐਲਾਨ ਕੀਤਾ ਹੈ। ਨੀਰੂ ਬਾਜਵਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਇਹ ਫ਼ੈਸਲਾ ਲੈ ਰਹੇ ਹਨ।
ਆਪਣੀ ਪੋਸਟ ਵਿੱਚ ਨੀਰੂ ਬਾਜਵਾ ਨੇ ਲਿਖਿਆ ਕਿ ਅੱਜ ਉਹ ਜੋ ਵੀ ਹਨ, ਪੰਜਾਬ ਅਤੇ ਪੰਜਾਬੀਅਤ ਕਰਕੇ ਹਨ। ਫਿਲਮ ‘ਥਾਪੀ’ ਬਣਾਉਣ ਦਾ ਮਕਸਦ ਵੀ ਪੰਜਾਬ ਦੇ ਖੇਡ ਮੈਦਾਨਾਂ ਵਿੱਚ ਮੁੜ ਰੌਣਕ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਿਨੇਮਾ ਲੋਕਾਂ ਲਈ ਹੁੰਦਾ ਹੈ ਅਤੇ ਲੋਕਾਂ ਤੋਂ ਵੱਡਾ ਕੋਈ ਨਹੀਂ ਹੋ ਸਕਦਾ। ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਤੋਂ ਵੱਧ ਉਨ੍ਹਾਂ ਲਈ ਕੁਝ ਵੀ ਨਹੀਂ ਹੈ।
ਨੀਰੂ ਬਾਜਵਾ ਨੇ ਆਪਣੀ ਪੋਸਟ ਵਿੱਚ ਸਪੱਸ਼ਟ ਕੀਤਾ ਕਿ ਅਗਲੇ ਦਿਨ ਤੋਂ ਫਿਲਮ ‘ਥਾਪੀ’ ਕਿਸੇ ਵੀ ਸਿਨੇਮਾਘਰ ਵਿੱਚ ਨਹੀਂ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਹਾਲਾਤ ਠੀਕ ਨਹੀਂ ਹੋ ਜਾਂਦੇ, ਉਹ ਹਰ ਪੱਖੋਂ ਪੰਜਾਬ ਦੇ ਨਾਲ ਖੜ੍ਹੇ ਰਹਿਣਗੇ।
ਉੱਧਰ, ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਦੀ ਜਾਂਚ ਵੀ ਜਾਰੀ ਹੈ। ਪੁਲਿਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਨਿਸ਼ਾਨਦੇਹੀ ’ਤੇ ਲਾਇਸੈਂਸੀ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਵਾਰਦਾਤ ਤੋਂ ਬਾਅਦ ਹਥਿਆਰ ਨੂੰ ਝੁਨੀਰ ਨੇੜੇ ਇੱਕ ਖੇਤ ਵਿੱਚ ਲੁਕਾ ਕੇ ਆਇਆ ਸੀ।
ਇਸ ਮਾਮਲੇ ਵਿੱਚ ਇੱਕ ਹੋਰ ਕਾਰਵਾਈ ਕਰਦਿਆਂ ਡਰੱਗ ਕੰਟਰੋਲ ਵਿਭਾਗ ਨੇ ਕਤਲ ਤੋਂ ਬਾਅਦ ਗਊਸ਼ਾਲਾ ਰੋਡ ਸਥਿਤ ਮਾਨਸਾ ਮੈਡੀਕੋਜ਼ ਨੂੰ ਸੀਲ ਕਰ ਦਿੱਤਾ ਹੈ। ਫਿਲਹਾਲ, ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਜਾਰੀ ਹੈ ਅਤੇ ਮਾਮਲੇ ਨਾਲ ਜੁੜੇ ਅਗਲੇ ਘਟਨਾਕ੍ਰਮ ’ਤੇ ਸਭ ਦੀ ਨਜ਼ਰ ਬਣੀ ਹੋਈ ਹੈ।
