ਨੀਟ ਵਿਦਿਆਰਥੀਆਂ ਨੂੰ ਮਿਲੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ: ਅਰਵਿੰਦ ਕੇਜਰੀਵਾਲ

ਨੀਟ ਪ੍ਰੀਖਿਆ ਨੂੰ ਲੈ ਕੇ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਚਿੰਤਾ ਦੇ ਮਾਹੌਲ ਦਰਮਿਆਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਇੱਕ ਮਹੱਤਵਪੂਰਨ ਅਪੀਲ ਕੀਤੀ ਹੈ। 21 ਜੂਨ ਨੂੰ ਮੁੜ ਕਰਵਾਈ ਜਾ ਰਹੀ ਨੀਟ ਪ੍ਰੀਖਿਆ ਦੇ ਮੱਦੇਨਜ਼ਰ ਕੇਜਰੀਵਾਲ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਉਨ੍ਹਾਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਾਸਤੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲ ਕਰਦਿਆਂ ਨੀਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਤਿੰਨ ਦਿਨਾਂ ਤੱਕ ਮੁਫ਼ਤ ਬੱਸ ਸਫ਼ਰ ਦਾ ਐਲਾਨ ਕੀਤਾ ਹੈ, ਤਾਂ ਜੋ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਘੱਟ ਹੋ ਸਕੇ ਅਤੇ ਉਹ ਬਿਨਾਂ ਕਿਸੇ ਤਣਾਅ ਦੇ ਪ੍ਰੀਖਿਆ ਦੇ ਸਕਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹਰਿਆਣਾ ਅਤੇ ਬਿਹਾਰ ਸਰਕਾਰਾਂ ਨੇ ਵੀ ਆਪਣੇ-ਆਪਣੇ ਸੂਬਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ।

ਕੇਜਰੀਵਾਲ ਨੇ ਉਮੀਦ ਜਤਾਈ ਕਿ ਦੇਸ਼ ਦੇ ਹੋਰ ਰਾਜਾਂ ਦੇ ਮੁੱਖ ਮੰਤਰੀ ਵੀ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹਾ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਨੀਟ ਵਰਗੀਆਂ ਵੱਡੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਆਰਥਿਕ ਤੌਰ ‘ਤੇ ਸਹਿਯੋਗ ਦੇਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਸਰਕਾਰਾਂ ਨੂੰ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਸੁਪਨੇ ਪੂਰੇ ਕਰ ਸਕਣ।

Leave a Reply

Your email address will not be published. Required fields are marked *