ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਮਾਮਲੇ ’ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ’ਚ ਨਸ਼ੇ ਕਾਰਨ ਮੌਤ ਦੀ ਗੱਲ ਆਈ ਸਾਹਮਣੇ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ 35 ਸਾਲਾ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਨਵਾਂ ਮੋੜ ਆ ਗਿਆ ਹੈ। ਬਠਿੰਡਾ ਦੇ ਏਮਜ਼ ਵਿੱਚ ਕੀਤੀ ਗਈ ਮੁੱਢਲੀ ਪੋਸਟਮਾਰਟਮ ਰਿਪੋਰਟ ਅਨੁਸਾਰ ਦਲਜੀਤ ਸਿੰਘ ਦੀ ਮੌਤ ਨਸ਼ੇ ਕਾਰਨ ਹੋਣ ਦੀ ਗੱਲ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ, ਦਲਜੀਤ ਸਿੰਘ ਦੀ ਲਾਸ਼ 27 ਅਕਤੂਬਰ ਦੀ ਸਵੇਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਮਾਨੰਦੀ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਸ਼ੁਰੂਆਤੀ ਜਾਂਚ ਦੌਰਾਨ ਪੁਲਿਸ ਨੂੰ ਕਤਲ ਦਾ ਸ਼ੱਕ ਸੀ। ਇਸ ਤੋਂ ਬਾਅਦ ਦਲਜੀਤ ਦੇ ਪਿਤਾ ਜਰਨੈਲ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੂਜੇ ਪਾਸੇ, ਪਰਿਵਾਰ ਵੱਲੋਂ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਸੀ।
ਦਲਜੀਤ ਦੀ ਪਤਨੀ ਪਰਮਜੀਤ ਕੌਰ ਮੁਤਾਬਕ, ਦਲਜੀਤ ਪਹਿਲਾਂ ਨਸ਼ੇ ਦਾ ਆਦੀ ਸੀ, ਪਰ ਉਸ ਨੇ ਮੌਤ ਤੋਂ ਲਗਭਗ ਤਿੰਨ ਹਫ਼ਤੇ ਪਹਿਲਾਂ ਹੀ ਨਸ਼ਾ ਛੱਡ ਦਿੱਤਾ ਸੀ।
ਦੱਸ ਦੇਈਏ ਕਿ 27 ਅਕਤੂਬਰ ਨੂੰ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਦਲਜੀਤ ਦੀ ਲਾਸ਼ ਲੈ ਕੇ ਮਾਨਸਾ ਵਿੱਚ ਚੱਲ ਰਹੇ ਝੋਟਾ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਾਮਦਿੱਤੇਵਾਲਾ ਚੌਕ ਨੇੜੇ ਰੋਕ ਲਿਆ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ।
ਇਸ ਤੋਂ ਬਾਅਦ ਪੁਲਿਸ ਦਲਜੀਤ ਦੀ ਲਾਸ਼ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਲੈ ਗਈ, ਜਿੱਥੇ 28 ਅਕਤੂਬਰ ਨੂੰ ਪੋਸਟਮਾਰਟਮ ਕੀਤਾ ਗਿਆ। ਦਲਜੀਤ ਸਿੰਘ ਦਾ ਅੰਤਿਮ ਸਸਕਾਰ ਉਸ ਦੀ ਮੌਤ ਤੋਂ ਅੱਠਵੇਂ ਦਿਨ ਕੀਤਾ ਗਿਆ।



