ਪੰਜਾਬ ‘ਚ ਕਿਸੇ Eligible ਨਾਗਰਿਕ ਦੀ ਵੋਟ ਨਹੀਂ ਕੱਟੀ ਜਾਵੇਗੀ”, SIR ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਇਹ ਮੁਹਿੰਮ 15 ਜੂਨ ਤੋਂ ਸ਼ੁਰੂ ਹੋਵੇਗੀ ਅਤੇ 1 ਅਕਤੂਬਰ ਤੱਕ ਜਾਰੀ ਰਹੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਪੂਰੀ ਪ੍ਰਕਿਰਿਆ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਕੇ ‘ਤੇ ਮੌਜੂਦ ਰਹਿਣਗੇ ਤਾਂ ਜੋ ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਬਣੀ ਰਹੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਾਮਲੇ ਵਿੱਚ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਪਿੱਛੇ ਨਹੀਂ ਹਟੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ SIR ਦੇ ਨਾਮ ‘ਤੇ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਨੈਗੇਟਿਵਟੀ ਜਾਂ ਡਰ ਦਾ ਮਾਹੌਲ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ।

ਸੀਐੱਮ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ BLAs ਅਤੇ ਵਾਲੰਟੀਅਰ ਇਸ ਪੂਰੀ ਪ੍ਰਕਿਰਿਆ ਦੌਰਾਨ ਮੌਕੇ ‘ਤੇ ਹਾਜ਼ਰ ਰਹਿਣਗੇ ਅਤੇ ਚੋਣ ਕਮਿਸ਼ਨ ਨਾਲ ਲਗਾਤਾਰ ਰਾਬਤਾ ਬਣਾਈ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ SIR ਦੀ ਹਰ ਪ੍ਰਕਿਰਿਆ ‘ਤੇ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਯੋਗ ਵੋਟਰ ਨਾਲ ਅਨਿਆਇ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ SIR ਪੂਰੀ ਈਮਾਨਦਾਰੀ ਅਤੇ ਪਾਰਦਰਸ਼ੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ਜੇਕਰ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਕੋਈ ਸ਼ਿਕਾਇਤ ਹੁੰਦੀ ਹੈ ਤਾਂ ਚੋਣ ਕਮਿਸ਼ਨ ਨੂੰ ਉਸਦਾ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੋਰ ਰਾਜਾਂ ਵਿੱਚ SIR ਦੌਰਾਨ ਕਈ ਵਿਵਾਦ ਸਾਹਮਣੇ ਆਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਰਾਜਾਂ ਵਿੱਚ ਲੱਖਾਂ ਵੋਟਾਂ ਕੱਟੇ ਜਾਣ ਦੇ ਦੋਸ਼ ਲੱਗੇ ਅਤੇ ਪੱਛਮੀ ਬੰਗਾਲ ਨਾਲ ਜੁੜਿਆ ਮਾਮਲਾ ਅਜੇ ਵੀ ਲੰਬਿਤ ਹੈ। ਇਸੇ ਤਰ੍ਹਾਂ ਹਰਿਆਣਾ ਵਿੱਚ ਵੀ ਇੱਕੋ ਵਿਅਕਤੀ ਦੀਆਂ ਕਈ ਵੋਟਾਂ ਹੋਣ ਦੇ ਇਲਜ਼ਾਮ ਲੱਗੇ ਸਨ।

ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਦਾ ਸਮਾਜਿਕ ਢਾਂਚਾ ਅਤੇ ਆਪਸੀ ਸਾਂਝ ਕਾਫ਼ੀ ਮਜ਼ਬੂਤ ਹੈ, ਇਸ ਲਈ ਇੱਥੇ ਅਜਿਹੀਆਂ ਗੜਬੜੀਆਂ ਦੀ ਸੰਭਾਵਨਾ ਘੱਟ ਹੈ। ਫਿਰ ਵੀ ਜੇਕਰ ਚੋਣ ਕਮਿਸ਼ਨ ਕੋਲ ਕੋਈ ਸ਼ਿਕਾਇਤ ਪਹੁੰਚਦੀ ਹੈ ਤਾਂ ਉਸ ‘ਤੇ ਤੁਰੰਤ ਅਤੇ ਗੰਭੀਰਤਾ ਨਾਲ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਾਂ ਉਹ ਵਿਦੇਸ਼ ਜਾ ਕੇ ਉਥੋਂ ਦੀ ਨਾਗਰਿਕਤਾ ਲੈ ਚੁੱਕਾ ਹੈ ਤਾਂ ਉਸਦੀ ਵੋਟ ਕੱਟੀ ਜਾ ਸਕਦੀ ਹੈ। ਪਰ ਜੇਕਰ ਕੋਈ ਯੋਗ ਨਾਗਰਿਕ ਪੰਜਾਬ ਵਿੱਚ ਰਹਿ ਰਿਹਾ ਹੈ ਅਤੇ ਉਸਦੀ ਵੋਟ ਗਲਤ ਤਰੀਕੇ ਨਾਲ ਕੱਟੀ ਜਾਂਦੀ ਹੈ ਤਾਂ ਸਰਕਾਰ ਇਸ ਮਾਮਲੇ ‘ਤੇ ਸਖ਼ਤ ਐਕਸ਼ਨ ਲਵੇਗੀ।

ਅੰਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਰ ਸਬੰਧੀ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ, ਫਾਰਮ ਭਰਨ ਅਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

Leave a Reply

Your email address will not be published. Required fields are marked *