LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟੇ ਦਾ ਹੋਇਆ ਅੰਤਿਮ ਸਸਕਾਰ, ਪੁੱਤਰਾਂ ਨੇ ਦਿੱਤੀ ਮੁੱਖ ਅਗਨੀ!

ਮਾਨਸਾ ਦੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਨੂੰ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਚਕੇਰੀਆ ਰੋਡ ਸਥਿਤ ਉਨ੍ਹਾਂ ਦੇ ਖੇਤਾਂ ਵਿੱਚ ਕੀਤਾ ਗਿਆ। ਇਸ ਮੌਕੇ ਪਿਤਾ ਭੀਮ ਸਿੰਘ ਅਤੇ ਦੋਵੇਂ ਪੁੱਤਰਾਂ ਅੰਗਦਵੀਰ ਤੇ ਹਰਫਤੇਹ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਦਿੱਤੀ। ਅੰਤਿਮ ਸਸਕਾਰ ਦੌਰਾਨ ਦੋਵੇਂ ਪੁੱਤਰਾਂ ਨੇ ‘ਪਰਵਿੰਦਰ ਝੋਟਾ ਅਮਰ ਰਹੇ’ ਦੇ ਜੈਕਾਰੇ ਵੀ ਲਗਾਏ।

ਦੱਸ ਦੇਈਏ ਕਿ ਚੰਡੀਗੜ੍ਹ ਦੇ PGI ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਸਵੇਰੇ 5 ਵਜੇ ਪਰਵਿੰਦਰ ਝੋਟੇ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੀ ਗਈ ਸੀ। ਇਸ ਤੋਂ ਬਾਅਦ ਜਦੋਂ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਮਾਨਸਾ ਪਹੁੰਚੀ ਤਾਂ ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੇ ਅੰਤਿਮ ਦਰਸ਼ਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਈ ਥਾਵਾਂ ‘ਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਬੀਤੀ 13 ਅਕਤੂਬਰ ਨੂੰ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਇੱਕ ਕੈਮਿਸਟ ਵੱਲੋਂ ਗੋਲੀਆਂ ਮਾਰ ਕੇ ਪਰਵਿੰਦਰ ਝੋਟੇ ਦਾ ਕਤਲ ਕਰ ਦਿੱਤਾ ਗਿਆ ਸੀ।

ਉੱਧਰ, ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਦੀ ਭੁੱਖ ਹੜਤਾਲ ਵੀ ਜਾਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਨਸਾ ਦੇ SSP ਵੈਭਵ ਚੌਧਰੀ ਦਾ ਤਬਾਦਲਾ ਨਹੀਂ ਹੁੰਦਾ, ਉਦੋਂ ਤੱਕ ਉਹ ਆਪਣੀ ਭੁੱਖ ਹੜਤਾਲ ਖ਼ਤਮ ਨਹੀਂ ਕਰਨਗੇ। ਉਨ੍ਹਾਂ ਮੁਤਾਬਕ ਉਹ 5 ਤਰੀਕ ਤੋਂ ਕੁਝ ਨਹੀਂ ਖਾ ਰਹੇ ਅਤੇ ਸਿਰਫ਼ ਪਾਣੀ ਪੀ ਕੇ ਰਹਿ ਰਹੇ ਹਨ। ਭੀਮ ਸਿੰਘ ਨੇ ਦੋਸ਼ ਲਗਾਇਆ ਹੈ ਕਿ SSP ਵੱਲੋਂ ਨਸ਼ਿਆਂ ਨੂੰ ਰੋਕਣ ਲਈ ਢੁੱਕਵੇਂ ਕਦਮ ਨਾ ਚੁੱਕੇ ਜਾਣ ਕਾਰਨ ਹੀ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਇਆ।