ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਲੋਕਾਂ ਵੱਲੋਂ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਖ਼ਾਸ ਹੈਲਪਲਾਈਨ ਨੰਬਰ ‘ਤੇ ਪੰਜਾਬ ਦੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕਰ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਰਹੀ।
ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦੇ ਹੋਏ ਦੱਸਿਆ ਕਿ ਹੁਣ ਤੱਕ ਲਗਭਗ 590 ਲੋਕਾਂ ਨੇ ਇਸ ਹੈਲਪਲਾਈਨ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਜਾਣਕਾਰੀ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਡਰੱਗ ਤਸਕਰੀ, 35 ਜਬਰਦਸਤੀ ਵਸੂਲੀ (ਫਿਰੌਤੀ), 43 ਗੈਂਗਸਟਰ ਗਤੀਵਿਧੀਆਂ ਅਤੇ 86 ਗੈਰਕਾਨੂੰਨੀ ਹਥਿਆਰਾਂ ਨਾਲ ਸੰਬੰਧਿਤ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਹੁਣ ਤੱਕ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੰਨੂ ਨੇ ਅੱਗੇ ਕਿਹਾ ਕਿ ਦਰਜ ਕੀਤੀਆਂ ਗਈਆਂ ਐਫਆਈਆਰ ਵਿੱਚ ਵੱਖ-ਵੱਖ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਨਾਮ ਸਾਹਮਣੇ ਆਏ ਹਨ, ਜਿਸ ਨਾਲ ਉਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਨਿਡਰ ਹੋ ਕੇ ਸ਼ਿਕਾਇਤ ਕਰਨਾ ਇਹ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ‘ਐਂਟੀ-ਗੈਂਗਸਟਰ ਟਾਸਕ ਫੋਰਸ’ ਅਤੇ ਮਾਨ ਸਰਕਾਰ ਦੇ ਇਰਾਦਿਆਂ ‘ਤੇ ਪੂਰਾ ਭਰੋਸਾ ਹੈ। ਕਈ ਹੋਰ ਸ਼ਿਕਾਇਤਾਂ ਦੀ ਅਜੇ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ‘ਤੇ ਜਲਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਲਤੇਜ ਪੰਨੂ ਨੇ ਕਿਹਾ ਕਿ ਲੋਕਾਂ ਦੇ ਇਸ ਅਟੁੱਟ ਭਰੋਸੇ ਕਰਕੇ ਹੀ ਏਜੀਟੀਐਫ ਨੂੰ ਗੈਂਗਸਟਰਵਾਦ ਦੇ ਖ਼ਿਲਾਫ਼ ਲੜਾਈ ਵਿੱਚ ਵੱਡੀ ਕਾਮਯਾਬੀ ਮਿਲ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਦਾ ਇਹ ਅਭਿਆਨ ਤਦ ਤੱਕ ਜਾਰੀ ਰਹੇਗਾ ਜਦ ਤੱਕ ਪੰਜਾਬ ਤੋਂ ਗੈਂਗਸਟਰਵਾਦ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ।
