ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ 25 ਤੋਂ 27 ਅਕਤੂਬਰ ਤੱਕ ਇਹ ਪਾਵਨ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਕੀਰਤਨ ਦਰਬਾਰ, ਨਗਰ ਕੀਰਤਨ, ਅਲੌਕਿਕ ਜਲੌ, ਦੀਪਮਾਲਾ ਅਤੇ ਆਤਿਸ਼ਬਾਜ਼ੀ ਸਮੇਤ ਕਈ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਮਾਗਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 25 ਅਤੇ 26 ਅਕਤੂਬਰ ਨੂੰ ਸੋਦਰ ਪਾਠ ਦੀ ਸਮਾਪਤੀ ਤੋਂ ਬਾਅਦ ਵਿਸ਼ੇਸ਼ ਕੀਰਤਨ ਦਰਬਾਰ ਹੋਣਗੇ। ਇਨ੍ਹਾਂ ਵਿੱਚ ਰਾਗ ਪੜਤਾਲ ਤਹਿਤ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੇ ਪ੍ਰਸਿੱਧ ਕੀਰਤਨੀਏ ਸ਼ਾਮ 7 ਵਜੇ ਤੋਂ ਰਾਤ 1 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।
26 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਸੰਗਤ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਦੇ ਮੁੱਖ ਦਿਹਾੜੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਬਾ ਦੀਪ ਸਿੰਘ ਜੀ ਵਾਲੇ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਅਤੇ ਬਾਬਾ ਅਟਲ ਰਾਏ ਜੀ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ। ਰਾਤ ਸਮੇਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਖਿੱਚ ਦਾ ਕੇਂਦਰ ਰਹਿਣਗੀਆਂ।
ਰਾਤ ਦੇ ਦੀਵਾਨ ਵਿੱਚ ਭਾਈ ਜਸਬੀਰ ਸਿੰਘ ਖੰਨੇ ਵਾਲੇ ਅਤੇ ਭਾਈ ਸਾਹਿਬ ਭਾਈ ਇੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ 25 ਅਕਤੂਬਰ ਤੋਂ 9 ਨਵੰਬਰ ਤੱਕ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਅੰਮ੍ਰਿਤ ਵੇਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖਵਾਕ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਜਾਰੀ ਰਹੇਗਾ।
ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ, ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਸਾਂਝੀਆਂ ਕਰਨ।
