ਦੀਵਾਲੀ ਮਗਰੋਂ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ!

ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਹਵਾ ਦੀ ਗੁਣਵੱਤਾ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪਟਾਕਿਆਂ ਤੋਂ ਨਿਕਲੇ ਧੂੰਏਂ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਹੱਦ ਤੱਕ ਪਹੁੰਚ ਗਿਆ ਹੈ। ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 300 ਤੋਂ ਪਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਧੁੰਦ ਵਰਗੀ ਸਥਿਤੀ ਬਣੀ ਹੋਈ ਹੈ।
ਹਵਾ ਵਿੱਚ ਵਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਵੀ ਵਧ ਗਈਆਂ ਹਨ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਧੁੰਦ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਪ੍ਰਦੂਸ਼ਣ ਅਤੇ ਧੁੰਦ ਦੀ ਦੋਹਰੀ ਮਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਿਹਤ ਮਾਹਿਰਾਂ ਮੁਤਾਬਕ ਖ਼ਰਾਬ ਹਵਾ ਦਾ ਸਭ ਤੋਂ ਵੱਧ ਅਸਰ ਬੱਚਿਆਂ, ਬਜ਼ੁਰਗਾਂ ਅਤੇ ਸਾਹ ਸਬੰਧੀ ਬਿਮਾਰੀਆਂ ਤੋਂ ਪੀੜਤ ਲੋਕਾਂ ‘ਤੇ ਪੈ ਸਕਦਾ ਹੈ। ਇਸ ਲਈ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਲੋੜ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ। ਜੇਕਰ ਬਾਹਰ ਜਾਣਾ ਜ਼ਰੂਰੀ ਹੋਵੇ ਤਾਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ।



