ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਅੱਜ ਤੋਂ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿੱਚ ਸਵੇਰੇ ਤੋਂ ਹੀ ਬੱਦਲ ਛਾਏ ਰਹੇ ਅਤੇ ਮੋਹਾਲੀ ਤੇ ਜਲੰਧਰ ਵਿੱਚ ਹਲਕੀ ਬੂੰਦਾਬਾਂਦੀ ਵੀ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 29 ਅਤੇ 30 ਮਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ 51 ਤੋਂ 75 ਫੀਸਦੀ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ ਵਿੱਚ ਗੜ੍ਹੇਮਾਰੀ ਵੀ ਹੋ ਸਕਦੀ ਹੈ।

ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਆਮ ਨਾਲੋਂ 4.1 ਡਿਗਰੀ ਵੱਧ ਚੱਲ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਪਾਰਾ 43.1 ਡਿਗਰੀ ਤੱਕ ਪਹੁੰਚ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ਵਿੱਚ 60 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਖ਼ਾਸ ਕਰਕੇ ਕਿਸਾਨਾਂ ਨੂੰ ਫਸਲ ਅਤੇ ਪਸ਼ੂਆਂ ਦੀ ਸੰਭਾਲ ਕਰਨ ਲਈ ਕਿਹਾ ਗਿਆ ਹੈ, ਜਦਕਿ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੌਰਾਨ ਖੁੱਲ੍ਹੇ ਇਲਾਕਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

Leave a Reply

Your email address will not be published. Required fields are marked *