ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਰਵਨੀਤ ਬਿੱਟੂ ਖ਼ਿਲਾਫ਼ SC ਕਮਿਸ਼ਨ ਦਾ ਵੱਡਾ ਐਕਸ਼ਨ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ ਵੱਡਾ ਨੋਟਿਸ ਜਾਰੀ ਕੀਤਾ ਹੈ। ਧੂਰੀ ਦੌਰੇ ਦੌਰਾਨ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਦੇ ਮਾਮਲੇ ਨੂੰ ਲੈ ਕੇ ਕਮਿਸ਼ਨ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਸੰਗਰੂਰ ਪੁਲਿਸ ਤੋਂ ਪੂਰੀ ਰਿਪੋਰਟ ਤਲਬ ਕੀਤੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਅਤੇ ਖਬਰਾਂ ਵਿੱਚ ਦਾਅਵਾ ਕੀਤਾ ਗਿਆ ਕਿ ਰਵਨੀਤ ਬਿੱਟੂ ਵੱਲੋਂ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਜਾਤੀਸੂਚਕ ਸ਼ਬਦ ਵਰਤੇ ਗਏ ਸਨ।

ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਧੂਰੀ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਹੋਏ ਇਕ ਵਾਕਏ ਨਾਲ ਜੁੜਿਆ ਹੋਇਆ ਹੈ। ਚੋਣਾਂ ਦੇ ਮਾਹੌਲ ਵਿਚ ਰਵਨੀਤ ਬਿੱਟੂ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ ਸੀ। ਇਸ ਦੌਰਾਨ ਕਥਿਤ ਤੌਰ ‘ਤੇ ਉਨ੍ਹਾਂ ਵੱਲੋਂ ਇਤਰਾਜ਼ਯੋਗ ਅਤੇ ਜਾਤੀਸੂਚਕ ਭਾਸ਼ਾ ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਿਆ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਐੱਸਸੀ ਕਮਿਸ਼ਨ ਨੇ ਸੰਗਰੂਰ ਦੇ ਐੱਸਪੀ ਹੈੱਡਕੁਆਰਟਰ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਕਮਿਸ਼ਨ ਨੇ ਪੂਰੀ ਜਾਂਚ ਰਿਪੋਰਟ 1 ਜੂਨ 2026 ਸਵੇਰੇ 9 ਵਜੇ ਤੱਕ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਤੈਅ ਕੀਤੀ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮ ਹੋ ਗਿਆ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਰਵਨੀਤ ਬਿੱਟੂ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

Leave a Reply

Your email address will not be published. Required fields are marked *