ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਅਤੇ ਲੂ ਦੇ ਦਰਮਿਆਨ ਸ਼ੁੱਕਰਵਾਰ ਸਵੇਰੇ ਲੋਕਾਂ ਨੂੰ ਕੁਝ ਰਾਹਤ ਮਿਲੀ। ਸਵੇਰੇ ਹੋਈ ਹਲਕੀ ਬਾਰਿਸ਼ ਅਤੇ ਠੰਢੀਆਂ ਹਵਾਵਾਂ ਕਾਰਨ ਲੁਧਿਆਣਾ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਨਜ਼ਰ ਆਇਆ। ਜਿੱਥੇ ਵੀਰਵਾਰ ਨੂੰ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਸੀ, ਉੱਥੇ ਹੀ ਸ਼ੁੱਕਰਵਾਰ ਸਵੇਰੇ ਮੌਸਮ ਸੁਹਾਵਣਾ ਹੋਣ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ।
ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹੇ ਭਿਆਨਕ ਲੂ ਦੀ ਚਪੇਟ ਵਿੱਚ ਰਹੇ। ਲੁਧਿਆਣਾ, ਪਟਿਆਲਾ, ਹਲਵਾਰਾ ਅਤੇ ਬਠਿੰਡਾ ਵਿੱਚ ਗਰਮ ਹਵਾਵਾਂ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਮੁਤਾਬਕ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਉੱਥੇ ਹੀ ਫ਼ਰੀਦਕੋਟ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 45.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਨੂੰ ਲੈ ਕੇ ਖਾਸ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਫਿਰੋਜ਼ਪੁਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਚਮਕ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਤੇਜ਼ ਹਵਾਵਾਂ ਅਤੇ ਮੀਂਹ ਸਮੇਂ ਲੋਕ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਕੱਚੇ ਢਾਂਚਿਆਂ ਤੋਂ ਦੂਰ ਰਹਿਣ। ਕਿਸਾਨਾਂ ਨੂੰ ਵੀ ਕੱਟੀ ਹੋਈ ਫਸਲ ਅਤੇ ਖੇਤੀਬਾੜੀ ਸਾਮਾਨ ਸੁਰੱਖਿਅਤ ਥਾਵਾਂ ‘ਤੇ ਰੱਖਣ ਲਈ ਕਿਹਾ ਗਿਆ ਹੈ।
ਹਾਲਾਂਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਅਜੇ ਵੀ ਭਿਆਨਕ ਗਰਮੀ ਦਾ ਅਸਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਹੀਟਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਮੁੜ ਵੱਧ ਸਕਦਾ ਹੈ ਅਤੇ ਲੋਕਾਂ ਨੂੰ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ।
ਮੌਸਮ ਮਾਹਿਰਾਂ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਪੰਜਾਬ ਦੇ ਮੌਸਮ ਵਿੱਚ ਇਹ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਇਸ ਕਾਰਨ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਦਕਿ ਕਈ ਹੋਰ ਹਿੱਸਿਆਂ ਵਿੱਚ ਅਜੇ ਵੀ ਲੂ ਦਾ ਪ੍ਰਕੋਪ ਜਾਰੀ ਹੈ।
