ਬੇਅਦਬੀ ਕਾਨੂੰਨ ਮਾਮਲੇ ‘ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਣਗੇ ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਾਹਮਣੇ ਆਪਣਾ ਸਪੱਸ਼ਟੀਕਰਨ ਪੇਸ਼ ਕਰਨਗੇ। ਜਾਣਕਾਰੀ ਮੁਤਾਬਕ ਉਹ ਸਵੇਰੇ 11 ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰੀ ਭਰਨਗੇ। ਇਹ ਮਾਮਲਾ ‘ਆਪ’ ਸਰਕਾਰ ਵੱਲੋਂ ਬੇਅਦਬੀ ਖਿਲਾਫ ਬਣਾਏ ਗਏ ਨਵੇਂ ਕਾਨੂੰਨ ਨੂੰ ਲੈ ਕੇ ਚਰਚਾ ਵਿੱਚ ਆਇਆ ਸੀ, ਜਿਸ ਸਬੰਧੀ ਜਥੇਦਾਰ ਵੱਲੋਂ ਸਪੀਕਰ ਸੰਧਵਾਂ ਨੂੰ ਤਲਬ ਕੀਤਾ ਗਿਆ ਸੀ।

ਦਰਅਸਲ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਕਾਨੂੰਨ ਨੂੰ ਤਿਆਰ ਕਰਨ ਦੀ ਪ੍ਰਕਿਰਿਆ ‘ਤੇ ਗੰਭੀਰ ਸਵਾਲ ਚੁੱਕੇ ਗਏ ਸਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਅਤੇ ਧਾਰਮਿਕ ਮਾਮਲੇ ‘ਤੇ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥਕ ਜਥੇਬੰਦੀਆਂ, ਸਿੱਖ ਵਿਦਵਾਨਾਂ ਅਤੇ ਸਮੂਹਿਕ ਪੰਥ ਦੀ ਰਾਏ ਲੈਣੀ ਲਾਜ਼ਮੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਮਰਿਆਦਾ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੁੜੇ ਮਸਲਿਆਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਭੂਮਿਕਾ ਸਭ ਤੋਂ ਉੱਚੀ ਮੰਨੀ ਜਾਂਦੀ ਹੈ ਅਤੇ ਉਸਦੀ ਅਣਦੇਖੀ ਠੀਕ ਨਹੀਂ।

ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਧਿਕਾਰਕ ਤੌਰ ‘ਤੇ ਬੁਲਾਇਆ ਗਿਆ ਹੈ ਤਾਂ ਉਹ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।

ਹੁਣ ਸਿਆਸੀ ਅਤੇ ਪੰਥਕ ਵਰਗਾਂ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਇਸ ਅਹਿਮ ਪੇਸ਼ੀ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਮਾਮਲਾ ਧਾਰਮਿਕ ਭਾਵਨਾਵਾਂ ਅਤੇ ਕਾਨੂੰਨੀ ਪ੍ਰਕਿਰਿਆ ਦੋਵਾਂ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *