ਪੰਜਾਬ ‘ਚ ਬਣਿਆ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ, ਰਾਜਪਾਲ ਵੱਲੋਂ ਮੰਜ਼ੂਰੀ

ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਪੰਜਾਬ ਵਿਧਾਨ ਸਭਾ ਵੱਲੋਂ ਵਿਸਾਖੀ ਦੇ ਪਵਿੱਤਰ ਦਿਨ ਪਾਸ ਕੀਤਾ ਗਿਆ ਬਿੱਲ ਹੁਣ ਅਧਿਕਾਰਿਕ ਤੌਰ ’ਤੇ ਕਾਨੂੰਨ ਬਣ ਗਿਆ ਹੈ, ਕਿਉਂਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ’ਤੇ ਆਪਣੇ ਦਸਤਖ਼ਤ ਕਰ ਦਿੱਤੇ ਹਨ।

ਇਸ ਨਵੇਂ ਕਾਨੂੰਨ ਦੇ ਤਹਿਤ ਬੇਅਦਬੀ ਕਰਨ ਵਾਲਿਆਂ ਲਈ ਕਾਫ਼ੀ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਹੁਣ ਜੇ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ ਨਾਲ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਭਰਨਾ ਪਵੇਗਾ। ਸਰਕਾਰ ਦਾ ਮਕਸਦ ਅਜਿਹੀਆਂ ਘਟਨਾਵਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਅਤੇ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ’ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਰਾਜਪਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਾਨੂੰਨ ਲਾਗੂ ਹੋਣਾ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਇੱਕ ਵੱਡਾ ਕਦਮ ਹੈ। ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਅਤੇ ਸੰਗਤ ਦੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

ਇਸ ਕਾਨੂੰਨ ਦੇ ਲਾਗੂ ਹੋਣ ਨਾਲ ਉਮੀਦ ਜਤਾਈ ਜਾ ਰਹੀ ਹੈ ਕਿ ਭਵਿੱਖ ਵਿੱਚ ਬੇਅਦਬੀ ਦੇ ਮਾਮਲਿਆਂ ’ਚ ਕਮੀ ਆਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਯਕੀਨੀ ਬਣੇਗੀ।

Leave a Reply

Your email address will not be published. Required fields are marked *