ਪੰਜਾਬ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ DGP ਨੂੰ ਭੇਜੇ ਗਏ ਪੱਤਰਾਂ ਨਾਲ ਸਬੰਧਤ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਯਾਨੀ CBI ਨੂੰ ਸੌਂਪੀ ਗਈ ਸੀ।
ਹਾਈਕੋਰਟ ਨੇ CBI ਨੂੰ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਅੱਗੇ ਵਧਾਉਣ ਅਤੇ ਦੋ ਮਹੀਨਿਆਂ ਦੇ ਅੰਦਰ ਆਪਣੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਹ ਮਾਮਲਾ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕੁਝ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹੈ। ਦੋਸ਼ਾਂ ਵਿੱਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ-ਤਾਇਨਾਤੀਆਂ, ਟੈਂਡਰਾਂ ਅਤੇ ਹੋਰ ਸਰਕਾਰੀ ਕੰਮਾਂ ਨੂੰ ਪ੍ਰਭਾਵਿਤ ਕਰਨ ਦੇ ਦਾਅਵੇ ਸ਼ਾਮਲ ਹਨ।
ਹੁਣ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਇਸ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦਾਇਰ ਕੀਤੀ ਹੈ। ਸਰਕਾਰ ਵੱਲੋਂ ਹਾਈਕੋਰਟ ਦੇ CBI ਜਾਂਚ ਦੇ ਹੁਕਮਾਂ ’ਤੇ ਸਵਾਲ ਚੁੱਕੇ ਗਏ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਵੇਗੀ।
ਉੱਥੇ ਹੀ, ਮਾਮਲੇ ਵਿੱਚ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ED ਵੱਲੋਂ ਲਗਾਏ ਗਏ ਦੋਸ਼ ਗੰਭੀਰ ਹਨ ਅਤੇ ਇਨ੍ਹਾਂ ਦੀ ਜਾਂਚ ਸੂਬਾਈ ਏਜੰਸੀਆਂ ਦੀ ਬਜਾਏ ਕਿਸੇ ਅਜਿਹੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ ਜੋ ਸਥਾਨਕ ਪ੍ਰਭਾਵ ਤੋਂ ਮੁਕਤ ਹੋਵੇ। ਕਥਿਤ ਪੈਸੇ ਦੇ ਲੈਣ-ਦੇਣ ਅਤੇ ਪੂਰੇ money trail ਦੀ ਜਾਂਚ ਦੀ ਮੰਗ ਵੀ ਕੀਤੀ ਗਈ ਸੀ। ਹੁਣ ਇਹ ਮਾਮਲਾ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ।
