ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ: CM ਭਗਵੰਤ ਮਾਨ ਦਾ ਪਲਟਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਭਾਜਪਾ ਮੁੱਖ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ, ਖ਼ਾਸ ਕਰਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੇ ਅਧੀਨ ਆਉਣ ਵਾਲੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਸਿਆਸੀ ਦੁਰਪ੍ਰਚਾਰ ਦਾ ਆਧਾਰ ਬਣਾਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ ਅਤੇ ਜੇਕਰ ਇਸ ਘਟਨਾ ਨੂੰ ਮੇਰੇ ਸਿਰ ਮੰਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

ਪਿੰਡ ਚੀਮਾ ਵਿੱਚ ਕਮਿਊਨਿਟੀ ਹੈਲਥ ਸੈਂਟਰ ਦੇ ਲੋਕ ਅਰਪਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਵੱਲੋਂ ਚਲਾਇਆ ਜਾਂਦਾ ਹੈ, ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅੰਦੋਲਨ ਵਰਗੇ ਕਈ ਮਸਲਿਆਂ ‘ਤੇ ਸਾਰਾ ਦੋਸ਼ ਮੇਰੇ ਸਿਰ ਮੰਢਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਮਾਮਲੇ ‘ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸਨੂੰ ਅਲੱਗਾਵਾਦੀ ਸੋਚ ਕਿਹਾ ਜਾਂਦਾ ਹੈ, ਪਰ ਦੂਜੇ ਪਾਸੇ ਕੇਂਦਰ ਸਰਕਾਰ ਯੂਟੀ ਚੰਡੀਗੜ੍ਹ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਦੇ ਆਪਣੇ ਫਰਜ਼ ਤੋਂ ਹਮੇਸ਼ਾ ਭੱਜਦੀ ਰਹੀ ਹੈ।

ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ‘ਤੇ ਪਲਟਵਾਰ

ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਲਗਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਲੋਕਾਂ ਨੂੰ ਰਾਹਤ ਦੇ ਰਹੀ ਹੈ, ਜਦਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ ‘ਤੇ ਬੇਲੋੜਾ ਐਂਟਰੀ ਟੈਕਸ ਲਾਗੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦਾ ਹਰ ਪੱਧਰ ‘ਤੇ ਡੱਟ ਕੇ ਵਿਰੋਧ ਕੀਤਾ ਜਾਵੇਗਾ।

ਕਿਸਾਨਾਂ ਦੇ ਮਸਲੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ

ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਅੱਗੇ ਰੱਖਾਂਗਾ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮਸਲੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਰਾਜ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੁਚਾਰੂ ਅਤੇ ਬਿਨਾ ਰੁਕਾਵਟ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *