ਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਇੱਕ ਆਡੀਓ ਮੈਸਜ ਅਤੇ ਚਿੱਠੀ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ।
ਪੰਜਾਬ ਪੁਲਿਸ ਨੇ ਇਨ੍ਹਾਂ ਵਾਇਰਲ ਸੰਦੇਸ਼ਾਂ ਦਾ ਖੰਡਨ ਕੀਤਾ ਹੈ। ਪੁਲਿਸ ਵੱਲੋਂ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਲੋਕਾਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਗਈ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਪੁਲਿਸ ਮੁਲਾਜ਼ਮਾਂ ਦੀ ਵਰਦੀ ਨੂੰ ਲੈ ਕੇ ਅਜਿਹੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ।
ਦਰਅਸਲ, ਸੋਸ਼ਲ ਮੀਡੀਆ ’ਤੇ ਇੱਕ ਆਡੀਓ ਮੈਸਜ ਅਤੇ ਚਿੱਠੀ ਵਾਇਰਲ ਹੋ ਰਹੀ ਸੀ। ਇਨ੍ਹਾਂ ਵਿੱਚ ਕਥਿਤ ਤੌਰ ’ਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ’ਤੇ ਆਉਣ ਜਾਂ ਵਾਪਸ ਜਾਣ ਸਮੇਂ ਵਰਦੀ ਨਾ ਪਾਉਣ ਅਤੇ ਸਿਵਲ ਕੱਪੜਿਆਂ ਵਿੱਚ ਆਉਣ-ਜਾਣ ਸਬੰਧੀ ਹਦਾਇਤਾਂ ਦਾ ਦਾਅਵਾ ਕੀਤਾ ਜਾ ਰਿਹਾ ਸੀ।
ਹੁਣ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਜਾਂ ਇਸ ਦੇ ਅਧੀਨ ਆਉਂਦੇ ਕਿਸੇ ਵੀ ਪੁਲਿਸ ਦਫ਼ਤਰ ਵੱਲੋਂ ਅਜਿਹੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ।
ਪੁਲਿਸ ਨੇ ਸੋਸ਼ਲ ਮੀਡੀਆ ’ਤੇ ਫੈਲ ਰਹੇ ਇਨ੍ਹਾਂ ਸੰਦੇਸ਼ਾਂ ਨੂੰ ਝੂਠਾ ਦੱਸਿਆ ਹੈ ਅਤੇ ਲੋਕਾਂ ਨੂੰ ਅਜਿਹੀਆਂ ਪੋਸਟਾਂ ਜਾਂ ਮੈਸਜਾਂ ਨੂੰ ਨਜ਼ਰਅੰਦਾਜ਼ ਕਰਨ ਦੀ ਅਪੀਲ ਕੀਤੀ ਹੈ।
ਨਾਲ ਹੀ ਪੰਜਾਬ ਪੁਲਿਸ ਨੇ ਨਾਗਰਿਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਲਈ ਸਿਰਫ਼ ਅਧਿਕਾਰਤ ਸਾਧਨਾਂ ’ਤੇ ਹੀ ਭਰੋਸਾ ਕੀਤਾ ਜਾਵੇ।
ਯਾਨੀ ਵਰਦੀ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਇਨ੍ਹਾਂ ਸੰਦੇਸ਼ਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।
