ਪੰਜਾਬ ਵਿੱਚ ਪੱਛਮੀ ਗੜਬੜੀ (Western Disturbance) ਦਾ ਅਸਰ ਦਿਖਾਈ ਦੇਣ ਲੱਗ ਪਿਆ ਹੈ। ਮੌਸਮ ਵਿਭਾਗ ਵੱਲੋਂ 14 ਅਕਤੂਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਤਬਦੀਲੀ ਕਾਰਨ ਸੂਬੇ ਦੇ ਤਾਪਮਾਨ ਵਿੱਚ ਵੀ ਹਲਕੀ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਮੰਗਲਵਾਰ ਸ਼ਾਮ ਨੂੰ ਜਾਰੀ ਕੀਤੇ ਬੁਲੇਟਿਨ ਅਨੁਸਾਰ, ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਆਮ ਪੱਧਰ ਦੇ ਨੇੜੇ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ, ਜੋ ਆਮ ਨਾਲੋਂ 1.9 ਡਿਗਰੀ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਪਠਾਨਕੋਟ ਵਿੱਚ 16.4 ਡਿਗਰੀ ਰਿਹਾ।
14 ਅਕਤੂਬਰ: ਇਨ੍ਹਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ
ਮੌਸਮ ਵਿਭਾਗ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ, ਫਰੀਦਕੋਟ, ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਯੈਲੋ ਅਲਰਟ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
15 ਅਕਤੂਬਰ: ਮੌਸਮ ਦੀ ਤਬਦੀਲੀ ਰਹੇਗੀ ਜਾਰੀ
15 ਅਕਤੂਬਰ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ ਜਾਰੀ ਰਹਿਣ ਦਾ ਅਨੁਮਾਨ ਦੱਸਿਆ ਗਿਆ ਹੈ। ਲੋਕਾਂ ਨੂੰ ਤੇਜ਼ ਹਵਾਵਾਂ, ਗਰਜ-ਚਮਕ ਅਤੇ ਸੰਭਾਵਿਤ ਮੀਂਹ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।
16 ਅਤੇ 17 ਅਕਤੂਬਰ: ਕੋਈ ਅਲਰਟ ਨਹੀਂ, ਮੌਸਮ ਆਮ ਹੋਣ ਦੀ ਉਮੀਦ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, 16 ਅਤੇ 17 ਅਕਤੂਬਰ ਨੂੰ ਸੂਬੇ ਵਿੱਚ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਸਮੇਂ ਦੌਰਾਨ ਪੱਛਮੀ ਗੜਬੜੀ ਦਾ ਅਸਰ ਘਟਣ ਅਤੇ ਮੌਸਮ ਹੌਲੀ-ਹੌਲੀ ਆਮ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਸਮੇਤ ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਅਤੇ ਘੱਟੋ-ਘੱਟ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 30.9 ਡਿਗਰੀ ਅਤੇ ਘੱਟੋ-ਘੱਟ 18.5 ਡਿਗਰੀ ਰਿਹਾ। ਲੁਧਿਆਣਾ ਵਿੱਚ ਵੱਧ ਤੋਂ ਵੱਧ 32.6 ਡਿਗਰੀ ਅਤੇ ਘੱਟੋ-ਘੱਟ 19 ਡਿਗਰੀ, ਜਦਕਿ ਪਟਿਆਲਾ ਵਿੱਚ ਵੱਧ ਤੋਂ ਵੱਧ 32.9 ਡਿਗਰੀ ਅਤੇ ਘੱਟੋ-ਘੱਟ 19.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿੱਚ ਅਚਾਨਕ ਤਬਦੀਲੀ ਨੂੰ ਦੇਖਦੇ ਹੋਏ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਤੇਜ਼ ਹਵਾਵਾਂ ਅਤੇ ਹਨੇਰੀ ਦੌਰਾਨ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਮੌਸਮ ਵਿਭਾਗ ਦੀਆਂ ਤਾਜ਼ਾ ਚੇਤਾਵਨੀਆਂ ’ਤੇ ਨਜ਼ਰ ਰੱਖਣ।
