ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ… ਸਵੇਰੇ-ਸਵੇਰੇ ਪਏ ਭਾਰੀ ਮੀਂਹ ਨੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲ ਦਿੱਤਾ, ਉੱਥੇ ਹੀ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਹਿੱਸਿਆਂ ਲਈ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ ਵੀ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
IMD ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਅੱਜ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਇੱਕ ਨਵੀਂ ਪੱਛਮੀ ਗੜਬੜੀ ਕਾਰਨ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਪ੍ਰਭਾਵ ਹੇਠ ਅਗਲੇ ਕੁਝ ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਬੱਦਲਵਾਈ, ਮੀਂਹ ਅਤੇ ਗਰਜ-ਤੂਫ਼ਾਨ ਦੇ ਹਾਲਾਤ ਬਣ ਸਕਦੇ ਹਨ।
ਉੱਧਰ, ਮੌਸਮ ਵਿੱਚ ਆਏ ਇਸ ਬਦਲਾਅ ਦਾ ਅਸਰ ਤਾਪਮਾਨ ’ਤੇ ਵੀ ਪਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ ਅਤੇ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 12 ਅਕਤੂਬਰ ਤੋਂ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਨਾਲ ਰਾਤਾਂ ਵਿੱਚ ਠੰਢ ਵਧਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਬਦਲਦੇ ਮੌਸਮ ਅਤੇ ਠੰਢੀਆਂ ਹਵਾਵਾਂ ਦਾ ਅਸਰ ਬਿਜਲੀ ਦੀ ਮੰਗ ’ਤੇ ਵੀ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 9,527 ਮੈਗਾਵਾਟ ਦਰਜ ਕੀਤੀ ਗਈ, ਜਦਕਿ ਬਿਜਲੀ ਦੀ ਖਪਤ 4,832 ਮੈਗਾਵਾਟ ਅਤੇ ਉਤਪਾਦਨ 4,697 ਮੈਗਾਵਾਟ ਰਿਹਾ। ਯਾਨੀ ਮੀਂਹ ਅਤੇ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਇਸ ਦਾ ਅਸਰ ਬਿਜਲੀ ਦੀ ਖਪਤ ’ਤੇ ਵੀ ਪਿਆ ਹੈ।
