ਐੱਸਜੀਪੀਸੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰ ਨੂੰ ਹੋਵੇਗਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਵਰ੍ਹੇ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ 20 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ। ਇਹ ਫ਼ੈਸਲਾ ਅੰਮ੍ਰਿਤਸਰ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਵਰ੍ਹੇ ਲਈ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਜਨਰਲ ਇਜਲਾਸ 20 ਨਵੰਬਰ ਨੂੰ ਹੋਵੇਗਾ। ਇਹ ਸਾਲਾਨਾ ਇਕੱਠ ਐੱਸਜੀਪੀਸੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਬੁਲਾਇਆ ਗਿਆ ਹੈ।
ਇਹ ਫ਼ੈਸਲਾ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਲਿਆ ਗਿਆ। ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਅੰਤ੍ਰਿੰਗ ਕਮੇਟੀ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਭਾਈ ਪਰਵਿੰਦਰ ਸਿੰਘ ਦੇ ਕਤਲ ਦੀ ਨਿੰਦਾ ਕਰਦਿਆਂ ਵਿਸ਼ੇਸ਼ ਮਤਾ ਪਾਸ ਕੀਤਾ। ਕਮੇਟੀ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਪਰਵਿੰਦਰ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੂੰ ਯਾਦ ਰੱਖਣ ਲਈ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਮਨਜ਼ੂਰੀ ਦਿੱਤੀ।
ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਰੀਬ 40 ਨੌਜਵਾਨਾਂ 'ਤੇ ਦਰਜ ਹੋਏ ਕੇਸ, ਗ੍ਰਿਫ਼ਤਾਰੀਆਂ ਅਤੇ ਕਾਰਵਾਈ ਦੌਰਾਨ ਦਸਤਾਰਾਂ ਲਹਿਣ ਤੇ ਔਰਤਾਂ ਨਾਲ ਹੋਏ ਕਥਿਤ ਦੁਰਵਿਹਾਰ ਦੀ ਵੀ ਕਮੇਟੀ ਨੇ ਸਖ਼ਤ ਨਿਖੇਧੀ ਕੀਤੀ। ਐੱਸਜੀਪੀਸੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ 'ਤੇ ਦਰਜ ਐੱਫਆਈਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰਕੇ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਪਰਵਿੰਦਰ ਸਿੰਘ ਦੇ ਕਤਲ ਵਿਰੁੱਧ ਰੋਸ ਮੁਜ਼ਾਹਰੇ ਦੌਰਾਨ ਪੋਸਟਰ ਉਤਾਰਦੇ ਸਮੇਂ ਕਰੰਟ ਲੱਗਣ ਕਾਰਨ ਜਾਨ ਗੁਆਉਣ ਵਾਲੇ ਭਾਈ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਕਮੇਟੀ ਵੱਲੋਂ 2.5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ।
ਇਸ ਤੋਂ ਇਲਾਵਾ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਦੇ ਵਿਰੋਧ ਵਜੋਂ ਬੈਰਕਾਂ ਛੱਡਣ ਵਾਲੇ 479 ਧਰਮੀ ਫ਼ੌਜੀਆਂ ਨੂੰ 50,000-50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਅੰਤ੍ਰਿੰਗ ਕਮੇਟੀ ਨੇ ਐੱਸਜੀਪੀਸੀ ਮੁਲਾਜ਼ਮਾਂ ਲਈ 3 ਫ਼ੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਵੀ ਐਲਾਨ ਕੀਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਮਰਹੂਮ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸੂਬਾ ਸਿੰਘ ਡੱਬਵਾਲਾ ਅਤੇ ਭਾਈ ਪਰਵਿੰਦਰ ਸਿੰਘ ਨੂੰ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ।
ਅਹਿਮ ਘਟਨਾਕ੍ਰਮ
- ਐੱਸਜੀਪੀਸੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ
- ਨਵੇਂ ਵਰ੍ਹੇ ਲਈ ਪ੍ਰਧਾਨ, ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਹੋਵੇਗੀ ਚੋਣ
- ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ
- 479 ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਇਮਦਾਦ ਅਤੇ ਮੁਲਾਜ਼ਮਾਂ ਨੂੰ 3 ਫ਼ੀਸਦੀ ਡੀਏ ਮਿਲੇਗਾ



