ਕੌਮੀ ਸੁਰੱਖਿਆ ਦੇ ਮਸਲੇ ਹੱਲ ਹੁੰਦਿਆਂ ਹੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇਗਾ: ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਚਿੰਤਾਵਾਂ ਦੂਰ ਹੁੰਦੇ ਹੀ ਕਰਤਾਰਪੁਰ ਸਾਹਿਬ ਲਾਂਘਾ ਪੂਰੇ ਮਾਣ-ਸਤਿਕਾਰ ਨਾਲ ਦੁਬਾਰਾ ਖੋਲ੍ਹ ਦਿੱਤਾ ਜਾਵੇਗਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਕੌਮੀ ਸੁਰੱਖਿਆ ਸੰਬੰਧੀ ਚਿੰਤਾਵਾਂ ਦੇ ਹੱਲ ਹੁੰਦਿਆਂ ਹੀ ਕਰਤਾਰਪੁਰ ਸਾਹਿਬ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਜਾਵੇਗਾ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦਾ ਐਲਾਨ ਕਰਨ ਲਈ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਪੱਤਰਕਾਰਾਂ ਦੇ ਸਵਾਲ 'ਤੇ ਇਹ ਜਾਣਕਾਰੀ ਦਿੱਤੀ।
ਗ੍ਰਹਿ ਮੰਤਰੀ ਨੇ ਕਿਹਾ ਕਿ ਕੌਮੀ ਸੁਰੱਖਿਆ ਦੇ ਮਾਮਲਿਆਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਇਹ ਲਾਂਘਾ ਮੋਦੀ ਸਰਕਾਰ ਵੱਲੋਂ ਹੀ ਬਣਾਇਆ ਗਿਆ ਸੀ ਅਤੇ ਜਿਵੇਂ ਹੀ ਸੁਰੱਖਿਆ ਨਾਲ ਜੁੜਿਆ ਮੁੱਦਾ ਹੱਲ ਹੋਵੇਗਾ, ਇਸ ਨੂੰ ਤੁਰੰਤ ਪੂਰੇ ਸਨਮਾਨ ਨਾਲ ਮੁੜ ਚਾਲੂ ਕਰ ਦਿੱਤਾ ਜਾਵੇਗਾ।
ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਸਰਕਾਰ ਨੇ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਇਸ ਲਾਂਘੇ ਨੂੰ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਸੀ। ਇਹ ਰਸਤਾ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਬਿਨਾਂ ਵੀਜ਼ਾ ਜਾਣ ਦੀ ਇਜਾਜ਼ਤ ਦਿੰਦਾ ਹੈ।
ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਦੇਸ਼ ਦੀ ਵੰਡ ਵੇਲੇ ਕਾਂਗਰਸ ਦੀ ਅਣਗਹਿਲੀ ਕਾਰਨ ਹੀ ਕਰਤਾਰਪੁਰ ਸਾਹਿਬ ਵਾਲਾ ਹਿੱਸਾ ਪਾਕਿਸਤਾਨ ਵਿੱਚ ਗਿਆ ਸੀ।



