ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਚਾਲੂ ਕਰਨ ਦੀ ਅਪੀਲ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਅੱਗੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਚਾਲੂ ਕਰਨ ਦੀ ਮੰਗ ਰੱਖੀ ਹੈ।
ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ਕੇਂਦਰ ਕੋਲ ਸਿੱਖਾਂ ਨਾਲ ਸੁਖਾਵੇਂ ਸਬੰਧ ਬਣਾਉਣ ਦਾ ਚੰਗਾ ਮੌਕਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪਾਰਟੀ ਵੱਲੋਂ 20 ਨਵੰਬਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਸੌਂਪੇ ਗਏ ਯਾਦ-ਪੱਤਰ 'ਤੇ ਸਰਕਾਰ ਤੁਰੰਤ ਕਾਰਵਾਈ ਕਰੇ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਤਿੰਨ ਮੁੱਖ ਮੁੱਦੇ ਸ਼ਾਮਲ ਸਨ। ਇਨ੍ਹਾਂ ਵਿੱਚ ਪਿਛਲੇ 15 ਵਰ੍ਹਿਆਂ ਤੋਂ ਰੁਕੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣਾ, ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਅਤੇ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਣਾ ਸ਼ਾਮਲ ਸੀ। ਇਨ੍ਹਾਂ ਮੰਗਾਂ ਦੀ ਪੂਰਤੀ ਲਈ ਪਾਰਟੀ ਆਗੂਆਂ ਨੇ ਦਿੱਲੀ ਵਿੱਚ ਗ੍ਰਿਫ਼ਤਾਰੀਆਂ ਵੀ ਦਿੱਤੀਆਂ ਸਨ।
ਗਿਆਨੀ ਹਰਪ੍ਰੀਤ ਸਿੰਘ ਅਨੁਸਾਰ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਲਾਂਘਾ ਬਹਾਲ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਡੇਰਾ ਬਾਬਾ ਨਾਨਕ ਸਰਹੱਦ 'ਤੇ ਜਾ ਕੇ ਅਰਦਾਸ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸਿੱਖ ਸੰਗਤ ਦੀ ਤਾਂਘ ਅਤੇ ਦਰਦ ਨੂੰ ਸਮਝਣਾ ਚਾਹੀਦਾ ਹੈ ਜੋ ਆਪਣੇ ਗੁਰੂ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਬਿਹਬਲ ਹਨ।
ਉਨ੍ਹਾਂ ਦਲੀਲ ਦਿੱਤੀ ਕਿ ਜੇਕਰ ਗੁਆਂਢੀ ਮੁਲਕ ਪਾਕਿਸਤਾਨ ਦਾ ਵਿਦੇਸ਼ ਮੰਤਰੀ ਕਿਸੇ ਸਮਾਗਮ ਲਈ ਭਾਰਤ ਦਾ ਮਹਿਮਾਨ ਬਣ ਸਕਦਾ ਹੈ, ਤਾਂ ਸ਼ਰਧਾਲੂਆਂ ਦੇ ਧਾਰਮਿਕ ਜਜ਼ਬਾਤਾਂ ਦੇ ਮੱਦੇਨਜ਼ਰ ਕਰਤਾਰਪੁਰ ਦੇ ਰਸਤੇ ਨੂੰ ਆਪਸੀ ਕੁੜੱਤਣ ਜਾਂ ਦੁਸ਼ਮਣੀ ਤੋਂ ਲਾਂਭੇ ਰੱਖਿਆ ਜਾਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਗੁਰੂ ਨਾਨਕ ਸਾਹਿਬ ਦੇ ਦਿਹਾੜੇ ਮੌਕੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਹੁਣ ਵੀ ਪ੍ਰਧਾਨ ਮੰਤਰੀ ਇਸ ਪਵਿੱਤਰ ਮੌਕੇ ਰਸਤਾ ਬਹਾਲ ਕਰਨ ਦਾ ਫ਼ੈਸਲਾ ਸੁਣਾ ਕੇ ਸਿੱਖ ਸੰਗਤ ਨੂੰ ਵੱਡਾ ਤੋਹਫ਼ਾ ਦੇ ਸਕਦੇ ਹਨ। ਇਹ ਪ੍ਰੈਸ ਬਿਆਨ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।



