LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁੱਖ ਮੰਤਰੀ, ਰਾਜਪਾਲ ਤੇ ਸਪੀਕਰ ਵੱਲੋਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਨੀਆ ਭਰ ਵਿੱਚ ਵੱਸਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।

ਫ਼ਾਈਲ ਫ਼ੋਟੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਭੇਜੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਹਰ ਘਰ ਵਿੱਚ ਖੇੜੇ, ਹਾਸੇ ਅਤੇ ਖੁਸ਼ਹਾਲੀ ਲੈ ਕੇ ਆਵੇਗਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਨੁਕਸਾਨ ਪਹੁੰਚਾਏ ਬਿਨਾਂ ਹਰੀ ਦੀਵਾਲੀ ਮਨਾਉਣ ਤਾਂ ਜੋ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਜਾਤ-ਪਾਤ, ਰੰਗ ਅਤੇ ਧਰਮ ਦੇ ਵਿਤਕਰੇ ਛੱਡ ਕੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਬੰਦੀ ਛੋੜ ਦਿਵਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਾਲ 1612 ਵਿੱਚ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਆਜ਼ਾਦ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਇਹ ਕਦਮ ਦੁਨੀਆ ਨੂੰ ਅਨਿਆਂ ਅਤੇ ਜ਼ੁਲਮ ਦੇ ਖ਼ਿਲਾਫ਼ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ।

ਇਸੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ। ਰਾਜਪਾਲ ਨੇ ਕਿਹਾ ਕਿ ਇੱਕ ਚੇਤੰਨ ਸਮਾਜ, ਨਰੋਈ ਨੌਜਵਾਨ ਪੀੜ੍ਹੀ ਅਤੇ ਸੁਰੱਖਿਅਤ ਭਵਿੱਖ ਹੀ ਸਾਡੀ ਤਰੱਕੀ ਦੀ ਅਸਲ ਨੀਂਹ ਹਨ। ਉਨ੍ਹਾਂ ਲੋਕਾਂ ਦੀ ਚੰਗੀ ਸਿਹਤ ਅਤੇ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਇਨ੍ਹਾਂ ਤਿਉਹਾਰਾਂ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜੇ ਬਦੀ 'ਤੇ ਨੇਕੀ ਦੀ ਸਰਦਾਰੀ ਕਾਇਮ ਕਰਨ ਅਤੇ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਕੇ ਰੌਸ਼ਨੀ ਫੈਲਾਉਣ ਦਾ ਸੰਦੇਸ਼ ਦਿੰਦੇ ਹਨ।

ਸਪੀਕਰ ਨੇ ਲੋਕਾਂ ਨੂੰ ਭਗਵਾਨ ਰਾਮ ਵੱਲੋਂ ਦਿਖਾਏ ਸੱਚਾਈ ਦੇ ਰਾਹ 'ਤੇ ਚੱਲਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਆਪਸੀ ਏਕਤਾ ਬਣਾਈ ਰੱਖਣੀ ਜ਼ਰੂਰੀ ਹੈ ਅਤੇ ਸੂਬੇ ਦੇ ਸੱਭਿਆਚਾਰਕ ਵਿਰਸੇ ਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਦਿਆਂ ਇਹ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਜਾਣ।