ਪੰਜਾਬ 'ਚ 177 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ, ਹਰ ਦਾਣਾ ਚੁੱਕਾਂਗੇ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 177 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਹੁਣ ਤੱਕ 177 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਉਸ ਦੀ ਚੁਕਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਮੁਤਾਬਕ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਕਿਸਾਨ, ਆੜ੍ਹਤੀਏ, ਰਾਈਸ ਮਿੱਲਰ, ਟਰਾਂਸਪੋਰਟਰ ਅਤੇ ਮਜ਼ਦੂਰ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਫ਼ਸਲ ਪਹੁੰਚ ਰਹੀ ਹੈ, ਬਿਨਾਂ ਕਿਸੇ ਦੇਰੀ ਦੇ ਖ਼ਰੀਦੀ ਜਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਦੀ ਲਗਾਤਾਰ ਸਪਲਾਈ ਨਾਲ ਝੋਨੇ ਦੇ ਝਾੜ ਵਿੱਚ 4 ਤੋਂ 5 ਕੁਇੰਟਲ ਪ੍ਰਤੀ ਏਕੜ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਘੱਟ ਬਾਰਿਸ਼ ਦੇ ਬਾਵਜੂਦ ਨਹਿਰੀ ਪਾਣੀ ਮਿਲਣ ਕਾਰਨ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੀ ਹੈ ਅਤੇ ਨਹਿਰੀ ਪਾਣੀ ਵਿੱਚ ਮੌਜੂਦ ਪੌਸ਼ਟਿਕ ਤੱਤਾਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਜ਼ਨ ਦੇ ਪੂਰਾ ਹੋਣ ਤੱਕ ਮੰਡੀਆਂ ਵਿੱਚ ਚੌਕਸੀ ਵਰਤੀ ਜਾਵੇ ਅਤੇ ਸਮੇਂ ਸਿਰ ਖ਼ਰੀਦ ਤੇ ਲਿਫਟਿੰਗ ਦੇ ਪ੍ਰਬੰਧ ਬਰਕਰਾਰ ਰੱਖੇ ਜਾਣ।
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਮੁੱਖ ਸਕੱਤਰ ਕੇਏਪੀ ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਸਪੈਸ਼ਲ ਡੀਜੀਪੀ ਪੀਕੇ ਸਿਨਹਾ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਅਹਿਮ ਘਟਨਾਕ੍ਰਮ
- ਸੂਬੇ ਭਰ 'ਚ ਹੁਣ ਤੱਕ 177 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਮੁਕੰਮਲ ਹੋਈ
- ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੀਜ਼ਨ ਦੇ ਅੰਤ ਤੱਕ ਪੁਖ਼ਤਾ ਪ੍ਰਬੰਧ ਰੱਖਣ ਦੇ ਦਿੱਤੇ ਹੁਕਮ
- ਨਹਿਰੀ ਪਾਣੀ ਦੀ ਸਪਲਾਈ ਨਾਲ ਝੋਨੇ ਦੇ ਝਾੜ 'ਚ 4 ਤੋਂ 5 ਕੁਇੰਟਲ ਪ੍ਰਤੀ ਏਕੜ ਵਾਧਾ



