ਫ਼ਿਰੋਜ਼ਪੁਰ ਵਿੱਚ ਖੇਤਾਂ 'ਚੋਂ ਡਰੋਨ ਰਾਹੀਂ ਸੁੱਟੀ ਗਈ 10 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ
ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਜੀਵਾਂ ਭੇੜੀਆਂ ਦੇ ਖੇਤਾਂ ਵਿੱਚੋਂ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਹੈ।

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਜੀਵਾਂ ਭੇੜੀਆਂ ਦੇ ਖੇਤਾਂ ਵਿੱਚੋਂ ਪੁਲਿਸ ਨੇ ਤਲਾਸ਼ੀ ਦੌਰਾਨ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਅਧਿਕਾਰੀਆਂ ਅਨੁਸਾਰ ਇਹ ਨਸ਼ਾ ਸਰਹੱਦ ਪਾਰੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟਿਆ ਗਿਆ ਸੀ।
ਫ਼ਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਮੁਤਾਬਕ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਐਤਵਾਰ ਨੂੰ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਖੇਤੀ ਵਾਲੇ ਖੇਤਾਂ ਵਿੱਚੋਂ 10 ਕਿੱਲੋ ਹੈਰੋਇਨ ਮਿਲੀ ਹੈ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ।
ਅਮਰ ਉਜਾਲਾ ਦੀ ਰਿਪੋਰਟ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ 10 ਕਿੱਲੋ 750 ਗ੍ਰਾਮ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਖ਼ਬਰ ਮਿਲੀ ਸੀ ਕਿ ਕੁਝ ਦਿਨ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਡਰੋਨ ਰਾਹੀਂ ਇਹ ਖੇਪ ਮੰਗਵਾਈ ਸੀ, ਜਿਸ ਮਗਰੋਂ ਏਐੱਸਆਈ ਬਲਰਾਜ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸੜਕ ਕਿਨਾਰੇ ਖੇਤਾਂ ਦੀ ਤਲਾਸ਼ੀ ਲਈ।
ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਇਹ ਖੇਪ ਕਿਸ ਵੱਲੋਂ ਮੰਗਵਾਈ ਗਈ ਸੀ ਅਤੇ ਇਸ ਦੀ ਅੱਗੇ ਸਪਲਾਈ ਕਿੱਥੇ ਹੋਣੀ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।



