ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਐੱਸਜੀਪੀਸੀ ਕੱਢੇਗੀ ਨਗਰ ਕੀਰਤਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਮੌਕੇ ਵਾਰਾਣਸੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਏਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ (ਵਾਰਾਣਸੀ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ 20 ਜਨਵਰੀ ਤੋਂ 31 ਜਨਵਰੀ 2027 ਤੱਕ ਕੱਢਿਆ ਜਾਵੇਗਾ।
ਇਸ ਨਗਰ ਕੀਰਤਨ ਦੇ ਪ੍ਰੋਗਰਾਮ ਅਤੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਵਿਖੇ ਇੱਕ ਸਬ-ਕਮੇਟੀ ਦੀ ਮੀਟਿੰਗ ਹੋਈ।
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਹ ਨਗਰ ਕੀਰਤਨ 20 ਜਨਵਰੀ 2027 ਨੂੰ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ ਤੋਂ ਆਰੰਭ ਹੋਵੇਗਾ ਅਤੇ ਪਹਿਲੀ ਰਾਤ ਦਾ ਪੜਾਅ ਪ੍ਰਯਾਗਰਾਜ (ਇਲਾਹਾਬਾਦ) ਵਿਖੇ ਹੋਵੇਗਾ।
ਉਨ੍ਹਾਂ ਦੱਸਿਆ ਕਿ 31 ਜਨਵਰੀ ਨੂੰ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਚੱਲ ਕੇ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਭਾਈ ਮਹਿਤਾ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ ਅਤੇ ਸੁਪਰਵਾਈਜ਼ਰ ਭੁਪਿੰਦਰ ਸਿੰਘ ਵੀ ਹਾਜ਼ਰ ਸਨ।
ਅਹਿਮ ਘਟਨਾਕ੍ਰਮ
- 20 ਤੋਂ 31 ਜਨਵਰੀ 2027 ਤੱਕ ਸਜਾਇਆ ਜਾਵੇਗਾ ਨਗਰ ਕੀਰਤਨ
- ਵਾਰਾਣਸੀ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ
- ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਸਮਾਗਮ



