LIVE TV
ਤਾਜ਼ਾ ਖ਼ਬਰਾਂ
ਵੀਰਵਾਰ, 12 ਨਵੰਬਰ 2026
ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੇ ਤਿੰਨ ਰੋਜ਼ਾ ਸਮਾਗਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਫ਼ਾਈਲ ਫ਼ੋਟੋ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸਮਾਗਮ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਵਿੱਤ ਮੰਤਰੀ ਨੇ ਦੱਸਿਆ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਰੂਹਾਨੀ ਵਿਰਾਸਤ ਨਾਲ ਜੁੜੀ ਹੋਈ ਹੈ, ਇਸ ਲਈ ਇੱਥੇ ਹੋਣ ਵਾਲੇ ਸਮਾਗਮ ਯਾਦਗਾਰੀ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਅਤੇ ਦੇਸ਼ ਭਰ ਤੋਂ ਨਤਮਸਤਕ ਹੋਣ ਆਉਣ ਵਾਲੀ ਸੰਗਤ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣਾ ਹੈ।

ਪ੍ਰੋਗਰਾਮ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੌਕੇ ਸਜਾਈਆਂ ਜਾਣ ਵਾਲੀਆਂ ਚਾਰ ਮੁੱਖ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। ਇਹ ਯਾਤਰਾਵਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਫੈਲਾਉਣਗੀਆਂ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ ਅਤੇ 6 ਦਸੰਬਰ ਨੂੰ ਭੋਗ ਪਾਏ ਜਾਣਗੇ, ਜਿਸ ਨਾਲ ਤਿੰਨ ਰੋਜ਼ਾ ਧਾਰਮਿਕ ਪ੍ਰੋਗਰਾਮਾਂ ਦੀ ਸੰਪੂਰਨਤਾ ਹੋਵੇਗੀ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੁੱਖ ਪੰਡਾਲ, ਧਾਰਮਿਕ ਰਸਮਾਂ, ਬੁਨਿਆਦੀ ਢਾਂਚੇ, ਸਾਫ਼-ਸਫ਼ਾਈ, ਟ੍ਰੈਫਿਕ ਵਿਵਸਥਾ, ਸੁਰੱਖਿਆ, ਸਿਹਤ ਸਹੂਲਤਾਂ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਅਤੇ ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ ਬਰਾਬਰੀ, ਮਨੁੱਖੀ ਸਤਿਕਾਰ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੀਟਿੰਗ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪ੍ਰਸ਼ਾਸਕੀ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਅਹਿਮ ਘਟਨਾਕ੍ਰਮ

  • ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ 650ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ
  • ਚਾਰ ਮੁੱਖ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਤਰ ਹੋਣਗੀਆਂ
  • 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ 6 ਦਸੰਬਰ ਨੂੰ ਭੋਗ ਪਾਇਆ ਜਾਵੇਗਾ